ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਪੁਲਿਸ ਵੱਲੋਂ ਬੀਤੇ ਦਿਨੀ ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲ ਕਾਂਡ ਮਾਮਲੇ ‘ਚ ਦੋਸ਼ੀ ਬਣਾ ਕੇ ਝੂਠੇ ਪੁਲਿਸ ਮੁਕਾਬਲੇ ‘ਚ ਮਾਰੇ ਨੌਜਵਾਨ ਰਣਜੀਤ ਸਿੰਘ ਦੇ ਘਰ ਪਿੰਡ ਆਦੀਆਂ ਪੁੱਜੇ l ਬਿਕਰਮ ਮਜੀਠਿਆ ਨੇ ਜਿੱਥੇ ਝੂਠੇ ਮੁਕਾਬਲੇ ਵਿਚ ਮਾਰੇ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਓਥੇ ‘ਆਪ’ ਸਰਕਾਰ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਦੇ ਸਿੱਖ ਨੌਜਵਾਨ ਦੇ ਝੂਠੇ ਪੁਲਿਸ ਮੁਕਾਬਲੇ ਨੇ ਪੰਜਾਬ ਦੇ ਕਾਲੇ ਦੌਰ ਦੀ ਯਾਦ ਦਵਾ ਦਿੱਤੀ ਹੈ।
ਸ ਮਜੀਠੀਆ ਨੇ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਵਾਲਿਆਂ ਦੇ ਇਸ਼ਾਰੇ ‘ਤੇ ਪੰਜਾਬ ਦੇ ਨੌਜਵਾਨਾਂ ਦੀ ‘ਨਸਲਕੁਸ਼ੀ’ ਕੀਤੀ ਜਾ ਰਹੀ ਹੈ ਜਿਸ ਨਾਲ ਸਾਰੇ ਪੰਜਾਬ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਇਸ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ, ਸੂਬੇ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ‘ਤੇ 302 ਦਾ ਮੁੱਕਦਮਾ ਦਰਜ ਕਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਅਤੇ ਗੌਰਵ ਯਾਦਵ ਦੇ ਪੁਲਿਸ ਮੁਖੀ ਹੋਣ ਦੇ ਨਾਤੇ ਇਸ ਬੇਦੋਸ਼ੇ ਨੌਜਵਾਨ ਦੇ ਕਤਲ ਦੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਤਲ ਕਾਂਡ ਅਤੇ ਝੂਠੇ ਪੁਲਿਸ ਮੁਕਾਬਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਤਾਂ ਜੌ ਇਸ ਝੂਠੇ ਪੁਲਿਸ ਮੁਕਾਬਲੇ ਦਾ ਸੱਚ ਸਾਹਮਣੇ ਆ ਸਕੇ ਕਿ ਇਸ ਕਤਲ ਕਾਂਡ ਦੀ ਸਾਜ਼ਿਸ਼ ਜਿਸਦੇ ਕਹਿਣ ਉੱਤੇ ਅਤੇ ਕਿਉਂ ਰਚੀ ਗਈ।